Arise, awake and organize to strive for the establishment of a classless, castles and gender discrimination free secular society. ਜਾਗੋ! ਜਥੇਬੰਦ ਹੋਵੇ!! ਜਮਾਤ ਰਹਿਤ, ਜਾਤ ਰਹਿਤ ਤੇ ਨਾਰੀ ਮੁਕਤੀ ਵੱਲ ਸੇਧਤ ਸੈਕੂਲਰ ਸਮਾਜ ਦੀ ਸਿਰਜਣਾ ਲਈ ਸੰਘਰਸ਼ ਕਰੋ!!!

Thursday 28 September 2017

ਥਰਮਲ ਪਲਾਟਾਂ ਨੂੰ ਬੰਦ ਕਰਨ ਦੇ ਨਾਦਰਸ਼ਾਹੀ ਫ਼ੈਸਲੇ ਦੀ ਨਿਖੇਧੀ

ਜਲੰਧਰ 28 ਸਤੰਬਰ -     ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਦੇ ਸਕੱਤਰ ਸਾਥੀ ਹਰਕੰਵਲ ਸਿੰਘ ਵੱਲੋਂ ਬਠਿੰਡਾ ਅਤੇ ਰੋਪੜ ਵਿਚਲੇ ਸਰਕਾਰੀ ਥਰਮਲ ਪਲਾਂਟ ਬੰਦ ਕਰਨ ਦੇ ਨਾਦਰਸ਼ਾਹੀ ਫ਼ੈਸਲੇ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਪਾਰਟੀ ਦੀ ਪਹਿਲੀ ਸੂਬਾਈ ਜਥੇਬੰਦਕ ਕਾਨਫ਼ਰੰਸ ਦੇ ਸਮਾਪਨ ਪਿੱਛੋਂ ਜਾਰੀ ਇੱਕ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਬਠਿੰਡਾ ਥਰਮਲ ਪਲਾਂਟ ਦੇ ਨਵੀਨੀਕਰਨ 'ਤੇ ਪਿਛਲੇ ਜਿਹੇ ਸੈਂਕੜੇ ਕਰੋੜ ਰੁਪਏ ਖ਼ਰਚੇ ਗਏ ਹਨ, ਪਰ ਅੱਜ ਥਰਮਲ ਦੀ ਮਿਆਦ ਪੁੱਗਣ ਦੀਆਂ ਦਲੀਲਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਸੁਆਲ ਕੀਤਾ ਕਿ ਥਰਮਲਾਂ ਰਾਹੀਂ ਸਿੱਧਾ ਅਤੇ ਅਸਿੱਧਾ ਰੋਜ਼ਗਾਰ ਪ੍ਰਾਪਤ ਕਰਕੇ ਜੂਨ ਗੁਜ਼ਾਰਾ ਕਰਨ ਵਾਲੇ ਪਰਿਵਾਰਾਂ ਨੂੰ ਥਰਮਲ ਬੰਦ ਹੋਣ ਪਿੱਛੋਂ ਪੇਸ਼ ਆਉਣ ਵਾਲੀਆਂ ਦਿੱਕਤਾਂ ਦਾ ਸੂਬਾ ਸਰਕਾਰ ਨੇ ਕੀ ਬਦਲਵਾਂ ਪ੍ਰਬੰਧ ਕੀਤਾ ਹੈ? ਸਾਥੀ ਹਰਕੰਵਲ ਸਿੰਘ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਦੀ ਜੇ ਇੱਕੋ-ਇੱਕ ਕਾਰਗੁਜ਼ਾਰੀ ਦੀ ਨਿਸ਼ਾਨਦੇਹੀ ਕਰਨੀ ਹੋਵੇ ਤਾਂ ਇਹੋ ਕਿਹਾ ਜਾ ਸਕਦਾ ਹੈ ਕਿ ਇਹ ਸਰਕਾਰ ਵਾਅਦਾ ਖਿਲਾਫ਼ੀਆਂ ਦਾ ਨਵਾਂ ਰਿਕਾਰਡ ਬਣਾਉਣ ਜਾ ਰਹੀ ਹੈ। ਉਨ੍ਹਾਂ ਖ਼ਦਸ਼ਾ ਜ਼ਾਹਿਰ ਕੀਤਾ ਕਿ ਥਰਮਲ ਬੰਦ ਕਰਨ ਪਿੱਛੇ ਅਸਲੀ ਮੰਸ਼ਾਂ ਥਰਮਲਾਂ ਦੀ ਬੇਸ਼ਕੀਮਤੀ ਜ਼ਮੀਨ ਅਤੇ ਹੋਰ ਜਾਇਦਾਦਾਂ ਨੂੰ ਖ਼ੁਰਦ-ਬੁਰਦ ਕਰਨਾ ਹੈ। ਆਰ.ਐਮ.ਪੀ.ਆਈ. ਆਗੂ ਨੇ ਅੱਗੇ ਕਿਹਾ ਕਿ ਬਿਜਲੀ ਉਤਪਾਦਨ ਦੇ ਮਾਮਲੇ ਵਿੱਚ ਪੰਜਾਬ ਨੂੰ ਸਵੈ ਨਿਰਭਰ ਬਣਾਉਣ ਵਾਲੇ ਥਰਮਲ ਅੱਜ ਵੀ 2 ਤੋਂ ਢਾਈ ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਪੈਦਾ ਕਰ ਰਹੇ ਹਨ ਪਰ ਫਿਰ ਵੀ ਪਤਾ ਨਹੀਂ ਕਿਨ੍ਹਾਂ ਲੁਕਵੇਂ ਉਦੇਸ਼ਾਂ ਅਧੀਨ ਸੂਬਾ ਹਕੂਮਤ ਪ੍ਰਾਈਵੇਟ ਅਦਾਰਿਆਂ ਤੋਂ ਅੰਤਾਂ ਦੀ ਮਹਿੰਗੀ ਬਿਜਲੀ ਖ਼ਰੀਦ ਕੇ ਥਰਮਲਾਂ ਨੂੰ ਬੰਦ ਕਰਨਾ ਚਾਹੁੰਦੀ ਹੈ। ਸਾਥੀ ਹਰਕੰਵਲ ਸਿੰਘ ਨੇ ਐਲਾਨ ਕੀਤਾ ਕਿ ਪਾਰਟੀ ਥਰਮਲ ਕਾਮਿਆਂ ਦੇ ਥਰਮਲ ਬਚਾਉਣ ਦੇ ਘੋਲ ਦੀ ਪੂਰਨ ਹਿਮਾਇਤ ਕਰੇਗੀ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਉਕਤ ਪੰਜਾਬ ਹਿਤੈਸ਼ੀ ਘੋਲ ਦੀ ਸਰਵਪੱਖੀ ਇਮਦਾਦ ਕਰਨ ਦੀ ਅਪੀਲ ਕੀਤੀ।

No comments:

Post a Comment