Arise, awake and organize to strive for the establishment of a classless, castles and gender discrimination free secular society. ਜਾਗੋ! ਜਥੇਬੰਦ ਹੋਵੇ!! ਜਮਾਤ ਰਹਿਤ, ਜਾਤ ਰਹਿਤ ਤੇ ਨਾਰੀ ਮੁਕਤੀ ਵੱਲ ਸੇਧਤ ਸੈਕੂਲਰ ਸਮਾਜ ਦੀ ਸਿਰਜਣਾ ਲਈ ਸੰਘਰਸ਼ ਕਰੋ!!!

Monday 9 September 2019

ਆਰ ਐਮ ਪੀ ਆਈ ਵਲੋਂ ਪਟਿਆਲਾ ਵਿਖੇ ਪੱਕਾ ਮੋਰਚਾ ਆਰੰਭ





ਪਟਿਆਲਾ; 9 ਸਤੰਬਰ- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ ਪੀ.ਆਈ) ਵਲੋਂ ਸੂਬੇ ਦੇ ਲੋਕਾਂ ਨੂੰ ਬਿਜਲੀ ਦੋ (2) ਰੁਪਏ ਪ੍ਰਤੀ ਯੂਨਿਟ ਦਿੱਤੇ ਜਾਣ, ਧਰਤੀ ਹੇਠਲੇ ਤੇ ਦਰਿਆਈ ਪਾਣੀਆਂ ਦੀ ਬਰਬਾਦੀ ਰੋਕਣ ਅਤੇ ਸਾਰੀ ਵਸੋਂ ਨੂੰ ਪੀਣ ਵਾਲਾ ਸਾਫ਼ ਪਾਣੀ ਸਰਕਾਰ ਵਲੋਂ ਮੁਫਤ ਦਿੱਤੇ ਜਾਣ  ਦੀਆਂ ਮੰਗਾਂ ਲਈ ਅੱਜ ਇੱਥੇ ਪੱਕਾ ਮੋਰਚਾ ਆਰੰਭ ਕਰ ਦਿੱਤਾ ਗਿਆ ਹੈ। ਪਾਰਟੀ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਅੱਜ, 9 ਸਤੰਬਰ ਤੋਂ ਸ਼ੁਰੂ ਹੋਇਆ ਇਹ ਪੱਕਾ ਮੋਰਚਾ ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ। ਹਰ ਜ਼ਿਲ੍ਹੇ 'ਚੋਂ ਵੱਡੀ ਗਿਣਤੀ ਪਾਰਟੀ ਕਾਰਕੁੰਨ ਅਤੇ ਆਮ ਲੋਕੀਂ ਵੱਖੋ-ਵੱਖਰੇ ਦਿਨ ਇਸ ਮੋਰਚੇ ਵਿੱਚ ਸ਼ਮੂਲੀਅਤ ਕਰਨਗੇ। ਮੋਰਚੇ ਵਾਲੀ ਥਾਂ 'ਤੇ ਹੀ ਸਾਦ ਮੁਰਾਦਾ ਲੰਗਰ ਵੀ ਤਿਆਰ ਹੋਇਆ ਕਰੇਗਾ।
ਮੋਰਚੇ ਵਿੱਚ ਸ਼ਾਮਲ ਹੋਣ ਲਈ ਉਚੇਚੇ ਪੁੱਜੇ ਪਾਰਟੀ ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਨੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਸੂਬਾ ਸਰਕਾਰ ਦੀ ਲੋਕ ਮਾਰੂ ਨੀਤੀ ਕਰਕੇ, ਬਿਜਲੀ ਪੈਦਾਵਾਰ ਦੇ ਖੇਤਰ ਵਿੱਚ ਆਤਮ ਨਿਰਭਰ ਸੂਬਾ ਹੋਣ ਦੇ ਬਾਵਜੂਦ ਪੰਜਾਬ ਵਾਸੀਆਂ ਨੂੰ ਬਿਜਲੀ ਸਾਰੇ ਦੇਸ਼ ਦੇ ਖਪਤਕਾਰਾਂ ਤੋਂ ਮਹਿੰਗੀ ਖ੍ਰੀਦਣ ਦਾ ਸੰਤਾਪ ਹੰਢਾਉਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਨਾ ਕੇਵਲ ਬਿਜਲੀ ਦੇ ਮੂਲ ਰੇਟ ਸਭ ਤੋਂ ਜਿਆਦਾ ਹਨ ਬਲਕਿ ਮੂਲ ਕੀਮਤਾਂ ਤੋਂ ਅਲਹਿਦਾ ਲੱਗਣ ਵਾਲੇ ਟੈਕਸਾਂ ਦੀਆਂ ਦਰਾਂ ਵੀ ਸਾਰੇ ਪ੍ਰਾਂਤਾਂ ਤੋਂ ਵਧੇਰੇ ਹਨ। ਸਾਥੀ ਪਾਸਲਾ ਨੇ ਕਿਹਾ ਕਿ ਸਸਤੀ ਬਿਜਲੀ ਪੈਦਾ ਕਰਨ ਵਾਲੇ ਸਰਕਾਰੀ ਮਾਲਕੀ ਵਾਲੇ ਥਰਮਲਾਂ ਨੂੰ ਬੰਦ ਕਰਕੇ ਨਿੱਜੀ ਥਰਮਲਾਂ ਤੋਂ ਅਤਿ ਮਹਿੰਗੀ ਬਿਜਲੀ ਖਰੀਦਣ ਦੇ ਬਦਨੀਅਤੀ ਵਾਲੇ ਸਮਝੌਤਿਆਂ ਰਾਹੀਂ ਪੰਜਾਬ ਸਰਕਾਰ ਅਤੇ ਪਾਵਰਕਾਮ ਵਲੋਂ ਬਿਜਲੀ ਖਪਤਕਾਰਾਂ ਦੀ ਬੇਕਿਰਕੀ ਨਾਲ ਰੱਤ ਨਿਚੋੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਉਕਤ ਅਨੈਤਿਕ ਸਮਝੌਤੇ ਰੱਦ ਕਰਨ, ਸਰਕਾਰੀ ਥਰਮਲ ਪੂਰੀ ਸਮਰੱਥਾ ਨਾਲ ਚਲਾਏ ਜਾਣ ਅਤੇ ਥਾਂ-ਥਾਂ ਪਣ ਬਿਜਲੀ ਪਲਾਂਟ ਲਾਉਣ ਸਮੇਤ ਸਸਤੀ ਬਿਜਲੀ ਪੈਦਾ ਕਰਨ ਦੇ ਸਾਰੇ ਬਦਲਵੇਂ ਢੰਗ ਵਰਤੇ ਜਾਣ ਦੀ ਮੰਗ ਕਰਦੀ ਹੈ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਨੇਕ ਨੀਤੀ ਨਾਲ ਉਕਤ ਕਦਮ ਲੈਂਦਿਆਂ ਪੰਜਾਬ ਦੇ ਲੋਕਾਂ ਨੂੰ ਸੌਖਿਆਂ ਹੀ ਬਿਜਲੀ ਦੋ ਰੁਪੈ ਪ੍ਰਤੀ ਯੂਨਿਟ ਦਿੱਤੀ ਜਾ ਸਕਦੀ ਹੈ। ਉਨ੍ਹਾਂ ਐਲਾਨ ਕੀਤਾ ਕਿ ਪਾਰਟੀ ਵਲੋਂ ਪੱਕੇ ਮੋਰਚੇ ਦੇ ਰੂਪ ਵਿੱਚ ਸ਼ੁਰੂ ਕੀਤਾ ਗਿਆ ਇਹ ਹੱਕੀ ਸੰਗਰਾਮ ਹਰ ਹੀਲੇ ਜਿੱਤ ਤੱਕ ਪੁਚਾਇਆ ਜਾਵੇਗਾ। ਸਾਥੀ ਪਾਸਲਾ ਨੇ ਜੀਵਨ ਦੀ ਮੁੱਢਲੀ ਲੋੜ ਪਾਣੀ ਦੀ ਹਕੂਮਤੀ ਨੀਤੀਆਂ ਸਦਕਾ ਹੋ ਰਹੀ ਬਰਬਾਦੀ ਅਤੇ ਖਾਤਮੇ ਬਾਬਤ ਵੀ ਗੰਭੀਰ ਚਿੰਤਾ ਜਾਹਰ ਕੀਤੀ।
ਮੋਰਚੇ ਵਿੱਚ ਸ਼ਾਮਲ ਕਾਰਕੁੰਨਾਂ ਵਲੋਂ ਸ਼ਹਿਰ ਵਿੱਚ ਰੋਹ ਭਰਪੂਰ ਮੁਜ਼ਾਹਰਾ ਵੀ ਕੀਤਾ ਗਿਆ ਜੋ ਪਾਵਰਕਾਮ ਦੇ ਮੁੱਖ ਦਫਤਰ ਵਿਖੇ ਪੁੱਜ ਕੇ ਵਿਸ਼ਾਲ ਰੋਸ ਧਰਨੇ ਵਿੱਚ ਤਬਦੀਲ ਹੋ ਗਿਆ। ਮਾਰਚ ਦੀ ਅਗਵਾਈ ਸਾਥੀ ਪਾਸਲਾ ਤੋਂ ਇਲਾਵਾ ਪਾਰਟੀ ਦੀ ਪੰਜਾਬ ਰਾਜ ਕਮੇਟੀ ਦੇ ਪ੍ਰਧਾਨ ਸਾਥੀ ਰਤਨ ਸਿੰਘ ਰੰਧਾਵਾ, ਕੇਂਦਰੀ ਕਮੇਟੀ ਦੇ ਮੈਂਬਰਾਨ ਸਾਥੀ ਰਘਬੀਰ ਸਿੰਘ ਬਟਾਲਾ, ਗੁਰਨਾਮ ਸਿੰਘ ਦਾਊਦ, ਮਹੀਪਾਲ ਅਤੇ ਸੂਬਾ ਸਕੱਤਰੇਤ ਦੇ ਮੈਂਬਰਾਨ ਸਾਥੀ ਰਵੀ ਕੰਵਰ, ਸਾਥੀ ਪਰਗਟ ਸਿੰਘ ਜਾਮਾਰਾਇ ਡਾਕਟਰ ਸਤਨਾਮ ਸਿੰਘ ਅਜਨਾਲਾ, ਪਟਿਆਲਾ ਜ਼ਿਲ੍ਹਾ ਕਮੇਟੀ ਦੇ ਸਕੱਤਰ ਸਾਥੀ ਪੂਰਨ ਸਿੰਘ ਨਨਹੇੜਾ ਵਲੋਂ ਕੀਤੀ ਗਈ। ਪਾਵਰਕਾਮ ਦੇ ਦਫ਼ਤਰ ਅੱਗੇ ਉਕਤ ਆਗੂਆਂ ਤੋਂ ਇਲਾਵਾ ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਪ੍ਰਧਾਨ ਸਾਥੀ ਦਰਸ਼ਨ ਨਾਹਰ, ਜਨਵਾਦੀ ਇਸਤਰੀ ਸਭਾ ਪੰਜਾਬ ਦੇ ਜਨਰਲ ਸਕੱਤਰ ਭੈਣ ਨੀਲਮ ਘੁਮਾਣ, ਪਾਰਟੀ ਦੇ ਸੂਬਾ ਕਮੇਟੀ ਮੈਂਬਰ ਸੰਤੋਖ ਸਿੰਘ ਬਿਲਗਾ, ਕੰਢੀ ਸੰਘਰਸ਼ ਕਮੇਟੀ ਦੇ ਆਗੂ ਮੋਹਣ ਸਿੰਘ ਧਮਾਣਾ, ਗੁਰਨਾਇਬ ਸਿੰਘ ਆਦਿ ਆਗੂਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

No comments:

Post a Comment