Arise, awake and organize to strive for the establishment of a classless, castles and gender discrimination free secular society. ਜਾਗੋ! ਜਥੇਬੰਦ ਹੋਵੇ!! ਜਮਾਤ ਰਹਿਤ, ਜਾਤ ਰਹਿਤ ਤੇ ਨਾਰੀ ਮੁਕਤੀ ਵੱਲ ਸੇਧਤ ਸੈਕੂਲਰ ਸਮਾਜ ਦੀ ਸਿਰਜਣਾ ਲਈ ਸੰਘਰਸ਼ ਕਰੋ!!!

Sunday 3 November 2019

ਆਰਐਮਪੀਆਈ ਵਲੋਂ ਫਿਰਕੂ ਫਾਸ਼ੀ ਹੱਲਿਆਂ ਖ਼ਿਲਾਫ ਅਤੇ ਲੋਕਾਂ ਦੀ ਰੋਜੀ-ਰੋਟੀ ਦੇ ਮਸਲੇ ਹੱਲ ਕਰਾਉਣ ਲਈ ਸੰਘਰਸ਼ ਤੇਜ ਕਰਨ ਦਾ ਸੱਦਾ




ਜਲੰਧਰ ; 3 ਨਵੰਬਰ- "ਰਾਸ਼ਟਰੀ ਸੋਇਮ ਸੇਵਕ ਸੰਘ (ਆਰ ਐਸ ਐਸ) ਦੀ ਅਗਵਾਈ ਵਿੱਚ ਹਿੰਦੂਤਵੀ ਸ਼ਕਤੀਆਂ, ਕੇਂਦਰੀ ਰਾਜ-ਭਾਗ 'ਤੇ ਆਪਣੀ ਹੱਥਠੋਕਾ ਮੋਦੀ ਸਰਕਾਰ ਦੇ ਕਾਬਜ ਹੋਣ ਦਾ ਲਾਹਾ ਲੈਂਦਿਆਂ, ਭਾਰਤ ਦੇ ਧਰਮਨਿਰਪੱਖ, ਜਮਹੂਰੀ ਅਤੇ ਫੈਡਰਲ ਢਾਂਚੇ ਨੂੰ ਤਹਿਸ ਨਹਿਸ ਕਰ ਕੇ ਦੇਸ਼ ਨੂੰ ਇੱਕ ਕੱਟੜ ਧਰਮ ਆਧਾਰਿਤ ਹਿੰਦੂ ਰਾਸ਼ਟਰ ਵਿੱਚ ਤਬਦੀਲ ਕਰਨ ਦੇ ਤਬਾਹਕੁੰਨ ਯਤਨਾਂ 'ਚ ਲੱਗੀਆਂ ਹੋਈਆਂ ਹਨ।'' ਉਕਤ ਸ਼ਬਦ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਨੇ ਪਾਰਟੀ ਸੂਬਾ ਕਮੇਟੀ ਦੀ ਦੋ ਦਿਨਾਂ ਮੀਟਿੰਗ ਦੇ ਅੰਤ ਵਿੱਚ, ਦੇਸ਼ ਭਗਤ ਯਾਦਗਾਰ ਜਲੰਧਰ ਵਿਖੇ ਹੋਈ ਸੂਬਾਈ ਕੇਡਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੇ।
ਸਾਥੀ ਪਾਸਲਾ ਨੇ ਕਿਹਾ ਕਿ ਜਿਸ ਤਰ੍ਹਾਂ ਸੰਘ ਮੁਖੀ ਅਤੇ ਸੰਘ-ਭਾਜਪਾ ਆਗੂ ਆਪਣੇ ਕੋਝੇ ਮਨਸੂਬਿਆਂ ਦੀ ਪੂਰਤੀ ਲਈ ਘੱਟ ਗਿਣਤੀ ਮੁਸਲਿਮ ਭਾਈਚਾਰੇ ਨੂੰ ਦੇਸ਼ 'ਚੋਂ ਕੱਢਣ ਅਤੇ ਪੂਰੇ ਦੇਸ਼ ਵਾਸੀਆਂ 'ਤੇ ਹਿੰਦੀ ਠੋਸਣ ਦੀਆਂ ਧਮਕੀਆਂ ਦੇ ਰਹੇ ਹਨ ਉਸ ਦੇ ਦੇਸ਼ ਨੂੰ ਗੰਭੀਰ ਸਿੱਟੇ ਭੁਗਤਣੇ ਪੈਣੇ ਹਨ। ਉਨ੍ਹਾਂ ਕਿਹਾ ਕਿ ਸਾਮਰਜੀ ਹਿਤਾਂ ਦੀ ਰਾਖੀ ਲਈ ਘੜੀਆਂ ਗਈਆਂ ਨਵਉਦਾਰਵਾਦੀ ਨੀਤੀਆਂ ਲਾਗੂ ਕਰਨ ਲਈ ਪੱਬਾਂ ਭਾਰ ਹੋਈ ਮੋਦੀ ਸਰਕਾਰ ਦੀ ਆਰਥਿਕ ਖੇਤਰ ਵਿੱਚ  ਆਪਣੀ ਰੱਦੀ ਕਾਰਗੁਜ਼ਾਰੀ ਦੇ ਨਤੀਜੇ ਵਜੋਂ ਦੇਸ਼ ਦੇ ਅਰਥਚਾਰੇ ਨੂੰ ਘੁਣ ਵਾਂਗ ਖਾ ਰਹੇ ਆਰਥਿਕ ਮੰਦਵਾੜੇ ਅਤੇ ਇਸ ਦੇ ਸਿੱਟੇ ਵੱਜੋਂ ਸਿਖਰਾਂ ਛੂਹ ਰਹੀ ਬੇਰੁਜ਼ਗਾਰੀ ਅਤੇ ਮਹਿੰਗਾਈ ਦੀ ਮਾਰ ਥੱਲੇ ਪਿਸ ਰਹੇ ਦੇਸ਼ ਵਾਸੀਆਂ ਦੀ ਖ੍ਰੀਦ ਸ਼ਕਤੀ ਵਧਾਉਣ ਲਈ ਸੰਜੀਦਾ ਯਤਨ ਕਰਨ ਦੀ ਬਜਾਇ ਕਾਰਪੋਰੇਟ ਘਰਾਣਿਆਂ ਨੂੰ ਗੱਫੇ ਦੇ ਰਹੀ ਹੈ।
ਸਾਥੀ ਪਾਸਲਾ ਨੇ ਜੰਮੂ-ਕਸ਼ਮੀਰ ਦੇ ਲੋਕਾਂ ਦੇ ਜਮਹੂਰੀ ਅਤੇ ਮੁੱਢਲੇ ਅਧਿਕਾਰਾਂ ਦੇ ਤਿੰਨ ਮਹੀਨਿਆਂ ਤੋਂ ਜਾਰੀ ਘਾਣ ਪ੍ਰਤੀ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਦੀਆਂ ਕਮਿਊਨਿਸਟ ਪਾਰਟੀਆਂ ਅਤੇ ਖੱਬੀਆਂ ਸ਼ਕਤੀਆਂ ਵਲੋਂ ਕਸ਼ਮੀਰੀਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਲਈ 22 ਨਵੰਬਰ ਨੂੰ ਦੇਸ਼ ਭਗਤ ਯਾਦਗਾਰ ਜਲੰਧਰ ਵਿਖੇ ਸੂਬਾ ਪੱਧਰੀ ਵਿਸ਼ਾਲ ਸਾਂਝੀ ਕਨਵੈਨਸ਼ਨ ਕੀਤੀ ਜਾ ਰਹੀ ਹੈ। ਜੰਮੂ ਕਸ਼ਮੀਰ ਦੀ ਦਿਨੋ ਦਿਨ ਵਿਗੜਦੀ ਜਾ ਰਹੀ ਹਾਲਤ 'ਤੇ ਚਿੰਤਾ ਪ੍ਰਗਟ ਕਰਦਿਆਂ ਸਾਥੀ ਪਾਸਲਾ ਨੇ ਅਤਿਵਾਦੀਆਂ ਦੀਆਂ ਵਧੀਆਂ ਸਰਗਰਮੀਆਂ ਪ੍ਰਤੀ ਵੀ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ। ਅਤੇ, ਕਿਹਾ ਕਿ ਪਾਕਿਸਤਾਨ ਸਰਕਾਰ ਨੇ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕੇਵਲ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਆਦਿ 'ਤੇ ਦੋ ਦਿਨਾਂ ਲਈ ਫੀਸ ਤੋਂ ਛੋਟ ਦੇਕੇ ਇਸ ਪਵਿੱਤਰ ਧਾਰਮਿਕ ਸਮਾਗਮ ਨੂੰ ਫਿਰਕੂ ਰੰਗ ਦੇਣ ਦਾ ਯਤਨ ਕੀਤਾ ਹੈ। ਇਹ ਉਸ ਦਾ ਨਿਖੇਧੀਜਨਕ ਕਦਮ ਹੈ ਜਿਸ ਤੋਂ ਸੁਚੇਤ ਰਹਿਣ ਦੀ ਲੋੜ ਹੈ।
ਸਾਥੀ ਮੰਗਤ ਰਾਮ ਪਾਸਲਾ ਨੇ ਪੰਜਾਬ ਬਾਰੇ ਬੋਲਦਿਆਂ ਕਿਹਾ ਕਿ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਲੋਕਾਂ ਦੇ ਬੁਨਿਆਦੀ ਮਸਲਿਆਂ ਦੇ ਹੱਲ ਪ੍ਰਤੀ ਮੁਜਰਮਾਨਾ ਅਣਗਹਿਲੀ ਵਾਲੀ ਪਹੁੰਚ ਅਪਣਾਈ ਬੈਠੀ ਹੈ ਅਤੇ ਉਕਤ ਮਸਲਿਆਂ ਦੇ ਯੋਗ ਹੱਲ ਲਈ ਸੰਘਰਸ਼ ਕਰ ਰਹੇ ਲੋਕਾਂ ਨੂੰ ਜਬਰ ਦਾ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕੀਂ ਮਾਫੀਆ ਲੁੱਟ, ਨਸ਼ਾ ਤਸਕਰੀ ਅਤੇ ਸੰਗੀਨ ਅਪਰਾਧਿਕ ਵਾਰਦਾਤਾਂ ਦਾ ਸੰਤਾਪ ਹੰਢਾ ਰਹੇ ਹਨ। ਸਾਥੀ ਪਾਸਲਾ ਨੇ ਕੇਂਦਰੀ ਅਤੇ ਸੂਬਾਈ ਸਰਕਾਰਾਂ ਦੇ ਉਪਰੋਕਤ ਨੀਤੀ ਚੌਖਟੇ ਵਿਰੁੱਧ ਆਜ਼ਾਦਾਨਾ ਅਤੇ ਖੱਬੀਆਂ ਧਿਰਾਂ ਦੀ ਸਾਂਝੀ ਸੰਗਰਾਮੀ ਸਰਗਰਮੀ ਦਾ ਭਵਿੱਖੀ ਖਾਕਾ ਵੀ ਹਾਜਰ ਸਾਥੀਆਂ ਸਨਮੁੱਖ ਰੱਖਿਆ। ਉਨ੍ਹਾਂ ਕਿਹਾ ਕਿ ਬਿਜਲੀ ਸਸਤੀ ਕੀਤੇ ਜਾਣ, ਪਾਣੀ ਦੀ ਰਾਖੀ ਲਈ, ਬੇਰੁਜ਼ਗਾਰੀ ਅਤੇ ਨਿਜੀਕਰਨ ਵਿਰੁੱਧ ਸੰਘਣੀ ਜਨ ਸੰਪਰਕ ਮੁਹਿੰਮ ਚਲਾ ਕੇ ਅਗਲੇਰੇ ਤਿੱਖੇ ਲੋਕ ਸੰਗਰਾਮ ਦੀ ਤਿਆਰੀ ਕੀਤੀ ਜਾਵੇ। ਉਨ੍ਹਾਂ ਪਾਰਟੀ ਸਫਾਂ ਅਤੇ ਸੁਹਿਰਦ ਲੋਕਾਂ ਨੂੰ, ਆਉਂਦੀ 7 ਨਵੰਬਰ ਨੂੰ ਜਲੰਧਰ ਵਿਖੇ ਪਾਰਟੀ ਵਲੋਂ ਕੀਤੇ ਜਾ ਰਹੇ, ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੈਮੀਨਾਰ ਵਿੱਚ ਵੱਧ ਚੜ੍ਹ ਕੇ ਪੁੱਜਣ ਦੀ ਪੁਰਜ਼ੋਰ ਅਪੀਲ ਕੀਤੀ। ਇਸ ਸੈਮੀਨਾਰ ਦੀ ਪ੍ਰਧਾਨਗੀ ਉੱਘੇ ਪੰਜਾਬੀ ਲੇਖਕ ਜਸਵੰਤ ਜਫਰ ਕਰਨਗੇ ਅਤੇ ਕੁੰਜੀਵਤ ਭਾਸ਼ਣ ਪੰਜਾਬੀ ਯੂਨੀਵਰਸਟੀ ਪਟਿਆਲਾ ਦੇ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਡਾਕਟਰ ਜਸਵਿੰਦਰ ਕਰਨਗੇ। ਮੀਟਿੰਗ ਨੂੰ ਪਾਰਟੀ ਦੀ ਪੰਜਾਬ ਰਾਜ ਕਮੇਟੀ ਦੇ ਸਕੱਤਰ ਸਾਥੀ ਹਰਕੰਵਲ ਸਿੰਘ ਵਲੋਂ ਵੀ ਸੰਬੋਧਨ ਕੀਤਾ ਗਿਆ।
ਇਸ ਮੌਕੇ ਐਮਸੀਪੀਆਈ (ਯੂ) ਦੇ ਪੋਲਿਟ ਬਿਊਰੋ ਮੈਂਬਰ ਸਾਥੀ ਕਿਰਨਜੀਤ ਸਿੰਘ ਸੇਂਖੋ ਨੇ ਵੀ ਉਚੇਚੇ ਤੌਰ 'ਤੇ ਹਾਜ਼ਰੀ ਲਵਾਈ। ਮੀਟਿੰਗ ਦੀ ਪ੍ਰਧਾਨਗੀ ਸਾਥੀ ਰਤਨ ਸਿੰਘ ਰੰਧਾਵਾ ਵਲੋਂ ਅਤੇ ਸੰਚਾਲਨ ਐਕਟਿੰਗ ਸੂਬਾ ਸਕੱਤਰ ਸਾਥੀ ਪ੍ਰਗਟ ਸਿੰਘ ਜਾਮਾਰਾਇ ਵੱਲੋਂ ਕੀਤਾ ਗਿਆ। ਮੀਟਿੰਗ ਦੇ ਆਰੰਭ ਵਿੱਚ ਇੱਕ ਸ਼ੋਕ ਮਤੇ ਰਾਹੀਂ ਕਮਿਊਨਿਸਟ ਲਹਿਰ ਦੇ ਨਾਮਵਰ ਆਗੂ ਸਾਥੀ ਗੁਰੂਦਾਸ ਦਾਸਗੁਪਤਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

No comments:

Post a Comment