Arise, awake and organize to strive for the establishment of a classless, castles and gender discrimination free secular society. ਜਾਗੋ! ਜਥੇਬੰਦ ਹੋਵੇ!! ਜਮਾਤ ਰਹਿਤ, ਜਾਤ ਰਹਿਤ ਤੇ ਨਾਰੀ ਮੁਕਤੀ ਵੱਲ ਸੇਧਤ ਸੈਕੂਲਰ ਸਮਾਜ ਦੀ ਸਿਰਜਣਾ ਲਈ ਸੰਘਰਸ਼ ਕਰੋ!!!

Monday 20 January 2020

19 ਮਾਰਚ ਨੂੰ ਲੁਧਿਆਣਾ ਵਿਖੇ ਵਿਸ਼ਾਲ ਲੋਕ ਇਕੱਠ ਕਰਨ ਦਾ ਸੱਦਾ

ਜਲੰਧਰ; 20 ਜਨਵਰੀ - ਕਮਿਊਨਿਸਟ ਪਾਰਟੀਆਂ ਅਤੇ ਮੰਚਾਂ ਵਲੋਂ ਗਠਿਤ ਕੀਤੇ ਗਏ ‘ਫਾਸ਼ੀਵਾਦੀ ਹਮਲਿਆਂ ਖਿਲਾਫ਼ ਜਮਹੂਰੀ ਫਰੰਟ’ ਵਲੋਂ ਮੋਦੀ ਸਰਕਾਰ ਦੇ ਫਿਰਕੂ-ਫਾਸ਼ੀਵਾਦੀ ਏਜੰਡੇ ਨੂੰ ਭਾਂਜ ਦੇਣ ਹਿਤ, ਨਾਗਰਿਕਤਾ ਸੋਧ ਕਾਨੂੰਨ-2019 (ਸੀ.ਏ.ਏ.), ਕੌਮੀ ਨਾਗਰਿਕਤਾ ਸੂਚੀ (ਐਨ.ਆਰ.ਸੀ.) ਅਤੇ ਕੌਮੀ ਜਨਸੰਖਿਆ ਰਜਿਸਟਰ (ਐਨ.ਪੀ.ਆਰ.) ਖਿਲਾਫ਼ ਜਨਤਕ  ਲਾਮਬੰਦੀ ਦੀ ਸ਼ਿਖਰ ’ਤੇ 19 ਮਾਰਚ ਨੂੰ ਲੁਧਿਆਣਾ ਵਿਖੇ ਵਿਸ਼ਾਲ ਲੋਕ ਇਕੱਠ ਕੀਤਾ ਜਾਵੇਗਾ ਜਿਸ ਵਿੱਚ 50 ਹਜ਼ਾਰ ਤੋਂ ਜਿਆਦਾ ਲੋਕਾਂ ਦੀ ਸ਼ਮੂਲੀਅਤ ਕਰਵਾਉਣ ਦੀ ਯੋਜਨਾਬੰਦੀ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਮੰਚ ਦੀ 12 ਜਨਵਰੀ ਨੂੰ ਜਲੰਧਰ ਵਿਖੇ ਹੋਈ ਮੀਟਿੰਗ ਵਿੱਚ ਇਸ ਲੋਕ ਇਕੱਤਰਤਾ ਦੀ ਮਿਤੀ 10 ਮਾਰਚ ਮਿਥੀ ਗਈ ਸੀ, ਪ੍ਰੰਤੂ ਇਸ ਦਿਨ ਹੋਲੀ ਦਾ ਤਿਉਹਾਰ ਹੋਣ ਕਰਕੇ ਹੁਣ ਤਰੀਕ ਬਦਲ ਕੇ 19 ਮਾਰਚ ਕੀਤੀ ਗਈ ਹੈ। ਉਕਤ ਜਾਣਕਾਰੀ ਅੱਜ ਇਥੋਂ ਜਾਰੀ ਇੱਕ ਬਿਆਨ ਰਾਹੀਂ ਮੰਚ ਦੇ ਸੀਨੀਅਰ ਆਗੂ ਸਾਥੀ ਮੰਗਤ ਰਾਮ ਪਾਸਲਾ (ਜਨਰਲ ਸਕੱਤਰ ਆਰ.ਐਮ.ਪੀ.ਆਈ.) ਵਲੋਂ ਦਿੱਤੀ ਗਈ।
ਜਾਰੀ ਬਿਆਨ ਰਾਹੀਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਮੰਚ ਵਿੱਚ ਸ਼ਾਮਲ ਪਾਰਟੀਆਂ ਅਤੇ ਮੰਚਾਂ ਵਲੋਂ 20 ਜਨਵਰੀ ਤੋਂ 5 ਫਰਵਰੀ ਤੱਕ ਸਾਰੇ ਜਿਲ੍ਹਿਆਂ ਵਿੱਚ ਪ੍ਰਭਾਵਸ਼ਾਲੀ ਸਾਂਝੀਆਂ ਕਨਵੈਨਸ਼ਨਾਂ ਕੀਤੀਆਂ ਜਾਣਗੀਆਂ, ਜਿਨ੍ਹਾਂ ਰਾਹੀਂ ਉਪਰੋਕਤ ਵੱਖਵਾਦੀ ਕਾਨੂੰਨਾਂ ਤੇ ਫੈਸਲਿਆਂ ਅਤੇ ਇਨ੍ਹਾਂ ਪਿੱਛੇ ਕੰਮ ਕਰ ਰਹੇ ਰਾਸ਼ਟਰੀ ਸੋਇਮ ਸੇਵਕ ਸੰਘ (ਆਰ.ਐਸ.ਐਸ.) ਦੇ ਕੱਟੜ ਹਿੰਦੂ ਰਾਸ਼ਟਰ ਦੀ ਕਾਇਮੀ ਦੇ ਫਾਸ਼ੀਵਾਦੀ ਮਨਸੂਬਿਆਂ ਤੋਂ ਆਵਾਮ ਨੂੰ ਜਾਣੂੰ ਕਰਵਾਉਣ ਦੇ ਨਾਲ ਹੀ ਮੋਦੀ ਸਰਕਾਰ ਦੀਆਂ ਕਾਰਪੋਰੇਟ ਘਰਾਣਿਆਂ ਪੱਖੀ ਆਰਥਿਕ ਨੀਤੀਆਂ, ਵਧ ਰਹੀ ਮਹਿੰਗਾਈ ਤੇ ਬੇਰੁਜ਼ਗਾਰੀ, ਘੱਟ ਗਿਣਤੀਆਂ,  ਔਰਤਾਂ, ਦਲਿਤਾਂ, ਬੁੱਧੀਜੀਵੀਆਂ ਅਤੇ ਪ੍ਰਗਤੀਸ਼ੀਲ ਸਖਸ਼ੀਅਤਾਂ ਉੱਪਰ ਵਧ ਰਹੇ ਹਮਲਿਆਂ ਖਿਲਾਫ਼ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਜਾਵੇਗੀ।
ਮੰਚ ਵਿੱਚ ਸ਼ਾਮਲ ਪਾਰਟੀਆਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.), ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.), ਭਾਰਤੀ ਕਮਿਊਨਿਸਟ ਪਾਰਟੀ (ਮ.ਲ.) ਨਿਊ ਡੈਮੋਕਰੇਸੀ, ਭਾਰਤੀ ਕਮਿਊਨਿਸਟ ਪਾਰਟੀ (ਮ.ਲ.) ਲਿਬਰੇਸ਼ਨ, ਮਾਰਕਸਿਸਟ ਕਮਿਊਨਿਸਟ ਪਾਰਟੀ ਆਫ ਇੰਡੀਆ ਯੂਨਾਈਟਿਡ (ਐਮ.ਸੀ.ਪੀ.ਆਈ.-ਯੂ.), ਲੋਕ ਸੰਗਰਾਮ ਮੰਚ, ਇਨਕਲਾਬੀ ਕੇਂਦਰ ਪੰਜਾਬ, ਇਨਕਲਾਬੀ ਲੋਕ ਮੋਰਚਾ, ਇਨਕਲਾਬੀ ਜਮਹੂਰੀ ਮੋਰਚਾ ਵਲੋਂ ਸਮੂਹ ਕਿਰਤੀ-ਕਿਸਾਨਾਂ ਅਤੇ ਹੋਰ ਮਿਹਨਤੀ ਤਬਕਿਆਂ ਦੀਆਂ ਜੱਥੇਬੰਦੀਆਂ, ਘੱਟ ਗਿਣਤੀ ਭਾਈਚਾਰੇ ਤੇ ਦਲਿਤ ਸਮਾਜ ਨਾਲ ਸਬੰਧਤ ਜਨ ਸੰਗਠਨਾਂ ਅਤੇ ਅਗਾਂਹਵਧੂ ਤੇ ਵਿਗਿਆਨਕ ਵਿਚਾਰਧਾਰਾ ਨੂੰ ਪ੍ਰਣਾਈਆਂ ਜਥੇਬੰਦੀਆਂ ਦੇ ਕਾਰਕੁੰਨਾਂ ਨੂੰ ਉਕਤ ਜ਼ਿਲ੍ਹਾ ਪੱਧਰੀ ਕਨਵੈਨਸ਼ਨਾਂ ਅਤੇ 19 ਮਾਰਚ ਨੂੰ ਲੁਧਿਆਣਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਲੋਕ ਇਕੱਤਰਤਾ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ। ਪਾਰਟੀਆਂ ਅਤੇ ਮੰਚਾਂ ਵਲੋਂ ਸਮੂੰਹ ਪੰਜਾਬੀਆਂ ਨੂੰ ਇਸ ਦੇਸ਼ ਭਗਤਕ ਸੰਗਰਾਮ ਵਿੱਚ ਸ਼ਮੂਲੀਅਤ ਕਰਨ ਅਤੇ ਹਰ ਪੱਖ ਤੋਂ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਗਈ।

No comments:

Post a Comment